ਅੰਮ੍ਰਿਤਸਰ ’ਚ ਵੱਡਾ ਪੁਲਿਸ ਐਕਸ਼ਨ, 6 ਕਾਬੂ; 8 ਪਿਸਤੌਲ ਤੇ 2.920 ਕਿਲੋ ਹੈਰੋਇਨ ਬਰਾਮਦ
Edited by Admin | Updated: Fri, 28 Aug 2026 13:28:40
ਅੰਮ੍ਰਿਤਸਰ ’ਚ ਵੱਡਾ ਪੁਲਿਸ ਐਕਸ਼ਨ, 6 ਕਾਬੂ; 8 ਪਿਸਤੌਲ ਤੇ 2.920 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ (ਹੈਵਨ ਇੰਡੀਆ ਟੀਵੀ ਬਿਊਰੋ): ਪੰਜਾਬ ਪੁਲਿਸ ਨੂੰ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2.920 ਕਿਲੋਗ੍ਰਾਮ ਹੈਰੋਇਨ ਅਤੇ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀ.ਜੀ.ਪੀ. ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਹੋਏ ਸਨ। ਦੱਸਿਆ ਗਿਆ ਹੈ ਕਿ ਮੁਲਜ਼ਮ ਡਰੋਨਾਂ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮੰਗਵਾਉਂਦੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਤੱਕ ਪਹੁੰਚਾਇਆ ਜਾਂਦਾ ਸੀ।

ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਦੇ ਥਾਣੇ ਵਿੱਚ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਦੇ ਅਗਲੇ-ਪਿਛਲੇ ਲਿੰਕਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਨਾਲ ਇਸ ਤਸਕਰੀ ਨੈੱਟਵਰਕ ਸਬੰਧੀ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

 

Share: